ਪੰਜਾਬ ਸਰਕਾਰ ਹੜ੍ਹਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ

ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਸਰਕਾਰ ਦੇਵੇਗੀ ਮੁਆਵਜ਼ਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ

mart daar

ਪੰਜਾਬ ਦੇ ਐਨ.ਆਰ.ਆਈ. ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਕੀਤੇ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹੜ੍ਹ ਰੋਕੂ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕਰ ਲੈਣ ਤਾਂ ਜੋ ਆਉਣ ਵਾਲੇ ਦਿਨਾਂ ਵਿੱਚ ਬਰਸਾਤਾਂ ਕਾਰਨ ਹੋਣ ਵਾਲੇ ਸੰਭਾਵੀ ਹੜ੍ਹਾਂ ਦੇ ਭਿਆਨਕ ਹਾਦਸੇ ਨੂੰ ਰੋਕਿਆ ਜਾ ਸਕੇ। ਮੰਤਰੀ ਧਾਲੀਵਾਲ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਗਰਾਊਂਡ ਜ਼ੀਰੋ 'ਤੇ ਜਾ ਕੇ ਹੜ੍ਹ ਰੋਕੂ ਪ੍ਰਬੰਧਾਂ ਲਈ ਕੰਮ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਡਰੇਨੇਜ ਵਿਭਾਗ, ਲੋਕ ਨਿਰਮਾਣ ਵਿਭਾਗ, ਮੰਡੀ ਬੋਰਡ, ਪੰਚਾਇਤ ਵਿਭਾਗ ਅਤੇ ਪੁਲਿਸ ਵਿਭਾਗ ਸਾਂਝੀ ਐਕਸ਼ਨ ਟੀਮਾਂ ਬਣਾ ਕੇ ਕੰਮ ਕਰਨ। ਉਨ੍ਹਾਂ ਕਿਹਾ ਕਿ ਇਹ ਟੀਮਾਂ ਆਪੋ-ਆਪਣੇ ਖੇਤਰ ਵਿੱਚ ਸਾਰੀਆਂ ਡਰੇਨਾਂ ਅਤੇ ਨਾਲਿਆਂ ਦੀ ਸਫਾਈ ਨੂੰ ਯਕੀਨੀ ਬਣਾਉਣਗੀਆਂ।
ਕੈਬਨਿਟ ਮੰਤਰੀ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਹੜ੍ਹ ਵਰਗੀ ਕਿਸੇ ਵੀ ਸੰਭਾਵੀ ਆਫ਼ਤ ਤੋਂ ਬਚਣ ਲਈ ਮੈਡੀਕਲ ਟੀਮਾਂ ਅਤੇ ਦਵਾਈਆਂ ਆਦਿ ਦੇ ਪਹਿਲਾਂ ਪ੍ਰਬੰਧ ਕਰਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੀ ਗਿਣਤੀ ਵਿੱਚ ਕਿਸ਼ਤੀਆਂ, ਫੂਡ ਪੈਕ, ਪੀਣ ਵਾਲੇ ਪਾਣੀ ਆਦਿ ਦਾ ਪ੍ਰਬੰਧ ਕੀਤਾ ਜਾਵੇ। ਮੰਤਰੀ ਧਾਲੀਵਾਲ ਨੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਹੜ੍ਹ ਰੋਕੂ ਪ੍ਰਬੰਧਾਂ ਦੀ ਮੰਗ ਕਰਨ ਲਈ ਸਰਕਾਰ ਤੋਂ ਜੋ ਵੀ ਮਦਦ ਦੀ ਲੋੜ ਹੈ, ਦਿੱਤੀ ਜਾਵੇਗੀ ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਿੱਥੇ ਪੰਜਾਬ ਸਰਕਾਰ ਹੜ੍ਹਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ ਅਤੇ ਤਿਆਰ ਹੈ, ਉੱਥੇ ਹੀ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਸਰਕਾਰ ਵੱਲੋਂ ਮੁਆਵਜ਼ਾ ਵੀ ਦਿੱਤਾ ਜਾਵੇਗਾ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਵੀ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹੜ੍ਹਾਂ ਦੇ ਕਿਸੇ ਵੀ ਸੰਭਾਵੀ ਖਤਰੇ ਨਾਲ ਨਜਿੱਠਣ ਲਈ ਤਿਆਰ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹਾਂ ਸਬੰਧੀ ਪੂਰੀ ਚੌਕਸੀ ਵਰਤੀ ਜਾ ਰਹੀ ਹੈ ਅਤੇ ਦਰਿਆਵਾਂ ਵਿੱਚ ਪਾਣੀ ਛੱਡਣ ਸਬੰਧੀ ਜ਼ਿਲ੍ਹਾ ਵਾਸੀਆਂ ਨੂੰ ਅਗਾਊਂ ਸੂਚਨਾ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਰਦਾਸਪੁਰ ਵਿੱਚ ਵਿਸ਼ੇਸ਼ ਹੜ੍ਹ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ ਜੋ ਦਿਨ ਰਾਤ ਕੰਮ ਕਰ ਰਿਹਾ ਹੈ।