ਜੇਕਰ ਪੰਜਾਬ ਸਰਕਾਰ ਦਾ ਕਿਸਾਨਾਂ ਪ੍ਰਤੀ ਰਵਈਆ ਨਾ ਬਦਲਿਆ ਤਾਂ ਸਿੱਟੇ ਭੁਗਤਣ ਲਈ ਤਿਆਰ ਰਹੇ-ਸੁਖਪਾਲ ਸਿੰਘ ਸਹੋਤਾ
ਜੇਕਰ ਪੰਜਾਬ ਸਰਕਾਰ ਦਾ ਕਿਸਾਨਾਂ ਪ੍ਰਤੀ ਰਵਈਆ ਨਾ ਬਦਲਿਆ ਤਾਂ ਸਿੱਟੇ ਭੁਗਤਣ ਲਈ ਤਿਆਰ ਰਹੇ-ਸੁਖਪਾਲ ਸਿੰਘ ਸਹੋਤਾ
ਗੜ੍ਹਦੀਵਾਲਾ (ਸੁਖਦੇਵ ਸਿੰਘ ) ਕਿਸਾਨ ਗੰਨਾ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਭਾਰਤ ਦੇ ਮੈਬਰ ਸੁਖਪਾਲ ਸਿੰਘ ਸਹੋਤਾ ਨੇ ਇੱਕ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਬੀਤੇ ਦਿਨੀਂ ਲੌਂਗੋਵਾਲ ਵਿਖੇ ਆਪਣੀਆਂ ਹੱਕੀ ਮੰਗਾਂ ਨੂੰ ਪੂਰਾ ਕਰਵਾਉਣ ਲਈ ਧਰਨਾ ਲਗਾਉਣ ਲਈ ਜਾ ਰਹੇ ਕਿਸਾਨਾਂ ਉਤੇ ਪੁਲਿਸ ਪ੍ਰਸ਼ਾਸਨ ਵਲੋਂ ਅੰਨ੍ਹੇਵਾਹ ਕੀਤੇ ਲਾਠੀਚਾਰਜ ਕਾਰਨ ਕਿਸਾਨ ਪ੍ਰੀਤਮ ਸਿੰਘ ਦੀ ਹੋਈ ਮੌਤ ਕਾਰਨ ਸਮੁੱਚੇ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਵਿੱਚ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ।ਇਸ ਮੌਕੇ ਗੰਨਾ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਨੇ ਕਿਹਾ ਕਿ ਗੰਨਾ ਸੰਘਰਸ਼ ਕਮੇਟੀ ਪੰਜਾਬ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਭਾਰੀ ਰੋਸ ਹੈ ਅਤੇ ਅਸੀਂ ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ।ਉਹਨਾਂ ਨੇ ਕਿਹਾ ਕਿ ਭਾਰਤੀ ਸੰਵਿਧਾਨ ਵਿੱਚ ਹਰੇਕ ਵਿਅਕਤੀ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਅਤੇ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਸ਼ਾਂਤਮਈ ਰੂਪ ਵਿੱਚ ਧਰਨਾ ਲਗਾਉਣ ਦੀ ਅਜਾਦੀ ਹੈ ਪ੍ਰੰਤੂ ਪੰਜਾਬ ਸਰਕਾਰ ਨੇ ਭਾਰਤੀ ਸੰਵਿਧਾਨ ਦੀ ਉਲੰਘਣਾ ਕੀਤੀ ਅਤੇ ਧਰਨਾ ਲਗਾਉਣ ਜਾ ਰਹੇ ਨਿਹੱਥੇ ਕਿਸਾਨਾਂ ਤੇ ਬਿਨਾ ਕਸੂਰ ਅੰਨ੍ਹੇਵਾਹ ਲਾਠੀਚਾਰਜ ਕਰਕੇ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਸਾਫ਼ ਹੋਇਆ ਹੈ।ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਸਖ਼ਤ ਸ਼ਬਦਾਂ ਵਿੱਚ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਦੀ ਇਸ ਘਿਨਾਉਣੀ ਹਰਕਤ ਨਾਲ ਆਮ ਵਰਗ ਵਿੱਚ ਭਾਰੀ ਰੋਸ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਚੋਣਾਂ ਸਮੇਂ ਕਿਸਾਨਾਂ ਨਾਲ ਕੀਤੇ ਵਾਅਦੇ ਪੂਰਾ ਕਰੇ ਨਹੀਂ ਤਾਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਸਰਕਾਰ ਨੂੰ ਮੂੰਹ ਦੀ ਖਾਣੀ ਪਵੇਗੀ।ਉਹਨਾਂ ਨੇ ਕਿਹਾ ਕਿ ਬੀਤੇ ਸਮੇਂ ਵਿੱਚ ਕਿਸਾਨਾਂ ਨੂੰ ਪੰਜਾਬ ਸਰਕਾਰ ਨੇ ਲਿੰਪੀ ਸਕਿਨ ਦੀ ਬਿਮਾਰੀ, ਚਾਈਨਾ ਵਾਇਰਸ ,ਪਿਛਲੇ ਸਾਲ ਵਿੱਚ ਕਣਕ ਦੇ ਮੁਆਵਜੇ ,ਬਿਜਲੀ ਬੋਰਡ ਨਾਲ ਸੰਬੰਧਿਤ ਕਿਸਾਨਾਂ ਨੂੰ ਮੁਆਵਜਾ ਦੇਣ ਦਾ ਵੀ ਵਾਅਦਾ ਕੀਤਾ ਸੀ ਪਰ ਅਜੇ ਤੱਕ ਕਿਸੇ ਕਿਸਾਨ ਨੂੰ ਮੁਆਵਜਾ ਨਹੀਂ ਦਿੱਤਾ ਗਿਆ।ਉਹਨਾਂ ਨੇ ਕਿਹਾ ਕਿ ਕਿਸਾਨਾਂ ਦੀਆਂ ਜਮੀਨਾਂ ਵਿੱਚ ਹੜ੍ਹਾਂ ਦੇ ਪਾਣੀ ਨਾਲ ਭਾਰੀ ਮਾਤਰਾ ਵਿੱਚ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜਾ ਕਿਸੇ ਵੀ ਕਿਸਾਨ ਨੂੰ ਨਹੀ ਦਿੱਤਾ ਗਿਆ।ਉਹਨਾ ਨੇ ਪੰਜਾਬ ਸਰਕਾਰ ਨੂੰ ਲੰਬੇ ਹੱਥੀ ਲੈਂਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਪੰਜਾਬ ਦਾ ਕਿਸਾਨਾਂ ਪ੍ਰਤੀ ਅਜਿਹਾ ਰਵਈਆ ਰਿਹਾ ਅਤੇ ਕਿਸਾਨਾਂ ਨੂੰ ਉਹਨਾਂ ਦੀਆਂ ਹੱਕੀ ਮੰਗਾਂ ਦੀ ਪੂਰਤੀ ਜਲਦ ਤੋਂ ਜਲਦ ਨਹੀਂ ਕਰਦੀ ਤਾਂ ਆਉਣ ਵਾਲੇ ਸਮੇਂ ਵਿੱਚ ਇਸਦੇ ਭਿਆਨਕ ਸਿੱਟੇ ਨਿਕਲਣਗੇ ਜਿਸਦੀ ਜਿੰਮੇਵਾਰ ਪੰਜਾਬ ਸਰਕਾਰ ਹੋਵੇਗੀ ।